ਕੈਨੇਡਾ ਅਤੇ ਭਾਰਤ ਵਿਚਾਲੇ ਮੁਕਤ ਵਪਾਰ ਸਮਝੌਤਾ ਜਲਦ ਹੋਣ ਦੀ ਉਮੀਦ
ਓਟਵਾ/ਪ੍ਰਭਜੋਤ ਸਿੰਘ (Local Journalism Initiative Reporter) ਕੈਨੇਡਾ ਅਤੇ ਭਾਰਤ ਵਿਚਾਲੇ ਜਲਦ ਹੀ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ ਹੈ। ਭਾਰਤ ਅਤੇ ਕੈਨੇਡਾ ਵਿਚਾਲੇ ਲੰਬੇ ਸਮੇਂ ਤੋਂ ਲਟਕ ਰਹੇ ਮੁਕਤ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਦੀਆਂ ਤਿਆਰੀਆਂ ਤੇਜ਼ ਹੋ ਗਈਆਂ ਹਨ। ਕੈਨੇਡਾ ਵਿਚ ਭਾਰਤ ਦੇ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਨੇ ਸੰਕੇਤ ਦਿੱਤਾ ਹੈ ਕਿ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਗੱਲਬਾਤ ਆਪਣੇ ਆਖਰੀ ਪੜਾਅ ’ਤੇ ਪਹੁੰਚ ਗਈ ਹੈ। ਆਉਂਦੇ ਦਸੰਬਰ ਮਹੀਨੇ ਵਿਚ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੈਨੇਡਾ ਦੌਰੇ ਦੌਰਾਨ ਇਸ ਦਿਸ਼ਾ ਵਿਚ ਵੱਡਾ ਐਲਾਨ ਹੋਣ ਦੀ ਸੰਭਾਵਨਾ ਹੈ। ਨਰਿੰਦਰ ਮੋਦੀ 11 ਅਤੇ 12 ਦਸੰਬਰ ਨੂੰ ਟੋਰਾਂਟੋ ਅਤੇ ਓਟਵਾ ਦਾ ਦੌਰਾ ਕਰਨਗੇ।
ਇਸ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਰੱਖਿਆ ਸਹਿਯੋਗ ਨਾਲ ਸਬੰਧਤ ਸਮਝੌਤੇ ’ਤੇ ਵੀ ਦਸਤਖ਼ਤ ਹੋ ਸਕਦੇ ਹਨ। ਹਾਈ ਕਮਿਸ਼ਨਰ ਪਟਨਾਇਕ ਨੇ ਓਟਵਾ ਵਿਚ ਇਕ ਸਮਾਗਮ ਦੌਰਾਨ ਕਿਹਾ ਕਿ ਦੋਵੇਂ ਦੇਸ਼ ਆਪਣੇ ਸਬੰਧਾਂ ਨੂੰ ਨਵੀਂ ਦਿਸ਼ਾ ਦੇਣ ਅਤੇ ਆਪਸੀ ਭਰੋਸਾ ਬਹਾਲ ਕਰਨ ਲਈ ਗੰਭੀਰਤਾ ਨਾਲ ਕੰਮ ਕਰ ਰਹੇ ਹਨ। ਭਾਰਤ ਅਤੇ ਕੈਨੇਡਾ ਵਿਚਾਲੇ ਮੁਕਤ ਵਪਾਰ ਸਮਝੌਤੇ ਲਈ ਗੱਲਬਾਤ ਸਾਲ 2010 ਵਿਚ ਸ਼ੁਰੂ ਹੋਈ ਸੀ, ਪਰ ਦੋਵਾਂ ਦੇਸ਼ਾਂ ਵਿਚਾਲੇ ਕੂਟਨੀਤਕ ਤਣਾਅ ਕਾਰਨ 2023 ਵਿਚ ਇਹ ਪ੍ਰਕਿਰਿਆ ਰੋਕ ਦਿੱਤੀ ਗਈ ਸੀ। ਦੋਵਾਂ ਦੇਸ਼ਾਂ ਨੇ ਇਕ-ਦੂਜੇ ਦੇ ਡਿਪਲੋਮੈਟਾਂ ਨੂੰ ਵੀ ਦੇਸ਼ ਛੱਡਣ ਲਈ ਕਿਹਾ ਸੀ। ਹਾਲਾਂਕਿ, ਮਾਰਕ ਕਾਰਨੀ ਦੇ ਕੈਨੇਡਾ ਦਾ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਸਬੰਧਾਂ ਵਿਚ ਸੁਧਾਰ ਦੀ ਪ੍ਰਕਿਰਿਆ ਸ਼ੁਰੂ ਹੋਈ।
ਜੂਨ 2025 ਵਿਚ ਐਲਬਰਟਾ ਵਿਖੇ ਹੋਏ ਜੀ-7 ਸੰਮੇਲਨ ਦੌਰਾਨ ਕਾਰਨੀ ਨੇ ਮੋਦੀ ਨੂੰ ਸੱਦਾ ਦਿੱਤਾ ਸੀ। ਇਸ ਤੋਂ ਬਾਅਦ ਦੋਵੇਂ ਦੇਸ਼ਾਂ ਨੇ ਆਪਣੇ ਹਾਈ ਕਮਿਸ਼ਨਰ ਮੁੜ ਨਿਯੁਕਤ ਕਰਨ ’ਤੇ ਸਹਿਮਤੀ ਜਤਾਈ। ਪਿਛਲੇ ਸਾਲ ਨਵੰਬਰ ਵਿਚ ਦੱਖਣੀ ਅਫਰੀਕਾ ਵਿਚ ਹੋਏ ਜੀ-20 ਸੰਮੇਲਨ ਦੌਰਾਨ ਦੋਵਾਂ ਆਗੂਆਂ ਨੇ ਵਪਾਰਕ ਗੱਲਬਾਤ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਮਾਰਚ 2026 ਵਿਚ ਭਾਰਤ ਦਾ ਦੌਰਾ ਕੀਤਾ, ਜਿੱਥੇ ਕਈ ਅਹਿਮ ਸਮਝੌਤੇ ਹੋਏ। ਇਨ੍ਹਾਂ ਵਿਚ ਭਾਰਤ ਨੂੰ ਬਿਜਲੀ ਉਤਪਾਦਨ ਲਈ ਯੂਰੇਨੀਅਮ ਦੀ ਸਪਲਾਈ ਵਾਸਤੇ 2.6 ਬਿਲੀਅਨ ਡਾਲਰ ਦਾ ਸਮਝੌਤਾ ਵੀ ਸ਼ਾਮਲ ਸੀ।
ਦੋਨਾਂ ਦੇਸ਼ਾਂ ਨੇ 2030 ਤੱਕ ਸਾਲਾਨਾ ਦੁਵੱਲੇ ਵਪਾਰ ਨੂੰ ਦੁੱਗਣਾ ਕਰਕੇ 70 ਬਿਲੀਅਨ ਡਾਲਰ ਤੱਕ ਪਹੁੰਚਾਉਣ ਦਾ ਟੀਚਾ ਰੱਖਿਆ ਹੈ। ਸਾਲ 2025 ਵਿਚ ਵਸਤਾਂ ਅਤੇ ਸੇਵਾਵਾਂ ਦਾ ਕੁੱਲ ਵਪਾਰ 30.4 ਬਿਲੀਅਨ ਡਾਲਰ ਰਿਹਾ ਸੀ। ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਅਤੇ ਭਾਰਤ ਦੇ ਉਦਯੋਗ ਮੰਤਰੀ ਪਿਯੂਸ਼ ਗੋਇਲ ਵਿਚਾਲੇ ਮਈ 2025 ਤੋਂ ਹੁਣ ਤੱਕ ਦਸ ਮੁਲਾਕਾਤਾਂ ਹੋ ਚੁੱਕੀਆਂ ਹਨ। ਕੈਨੇਡਾ ਸਰਕਾਰ ਵੀ ਇਸ ਸਾਲ ਦੇ ਅੰਤ ਤੱਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਦੀ ਇੱਛਾ ਜ਼ਾਹਰ ਕਰ ਚੁੱਕੀ ਹੈ। ਕੈਨੇਡਾ-ਇੰਡੀਆ ਬਿਜ਼ਨਸ ਕੌਂਸਲ ਦੇ ਮੁਖੀ ਵਿਕਟਰ ਥੌਮਸ ਨੇ ਕਿਹਾ ਕਿ ਵਪਾਰਕ ਸਮਝੌਤਾ ਦੋਵਾਂ ਦੇਸ਼ਾਂ ਦੇ ਕਾਰੋਬਾਰਾਂ ਲਈ ਨਵੇਂ ਮੌਕੇ ਪੈਦਾ ਕਰੇਗਾ। ਉਨ੍ਹਾਂ ਮੁਤਾਬਕ ਸਮਝੌਤੇ ’ਤੇ ਦਸਤਖ਼ਤ ਹੋਣਾ ਅੰਤਿਮ ਮੰਜ਼ਿਲ ਨਹੀਂ, ਸਗੋਂ ਦੋਵਾਂ ਦੇਸ਼ਾਂ ਵਿਚਾਲੇ ਆਰਥਿਕ ਸਾਂਝੇਦਾਰੀ ਦੀ ਨਵੀਂ ਸ਼ੁਰੂਆਤ ਹੋਵੇਗੀ।
Originally published in Frequency News on November 19, 2026: original article

No comments yet
Comments are closed.